Top News

ਪੰਜਾਬ ਜਲ ਖੇਡਾਂ ਦੇ ਖੇਤਰ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬਾ ਬਣ ਕੇ ਉਭਰੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਵਿੱਚ ਕੇਕਿੰਗ ਅਤੇ ਕੈਨੋਇੰਗ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ

ਸੁਲਤਾਨਪੁਰ ਲੋਧੀ,13ਅਕਤੂਬਰ, ( ਲਾਡੀ, ਦੀਪ ਚੋਧਰੀ,ੳਪੀ ਚੋਧਰੀ) ਸੁਲਤਾਨਪੁਰ ਲੋਧੀ ਵਿਖੇ ਜਲ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ ਸਮਾਰੋਹ ਦੌਰਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਜਲ ਖੇਡਾਂ, ਖ਼ਾਸ ਕਰਕੇ ਕੇਕਿੰਗ ਅਤੇ ਕੈਨੋਇੰਗ ਦੇ ਖੇਤਰ ਵਿੱਚ ਜਲਦੀ ਹੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬੇ ਵਜੋਂ ਉਭਰੇਗਾ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਵਿਖੇ ਕਰਵਾਈਆਂ ਗਈਆਂ ਜਲ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਸਪੀਕਰ ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਇਸ ਉਤਸ਼ਾਹਜਨਕ ਹੁੰਗਾਰੇ ਤੋਂ ਜਲ ਖੇਡਾਂ ਪ੍ਰਤੀ ਵਧ ਰਹੀ ਰੁਚੀ ਦਾ ਪਤਾ ਲੱਗਦਾ ਹੈ ਅਤੇ ਪੰਜਾਬ ਵਿੱਚ ਇਨ੍ਹਾਂ ਖੇਡਾਂ ਵਿੱਚ ਮੱਲਾਂ ਮਾਰਨ ਦੀ ਅਥਾਹ ਸੰਭਾਵਨਾ ਹੈ।

ਸਪੀਕਰ ਨੇ ਜਲ ਖੇਡਾਂ ਕਰਵਾਉਣ ਦੀ ਪਹਿਲਕਦਮੀ ਕਰਨ ਅਤੇ ਪੰਜਾਬ ਵਿੱਚ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰਨ ਵਾਸਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਕਿੰਗ ਅਤੇ ਕੈਨੋਇੰਗ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ। ਜੇਕਰ ਜ਼ਮੀਨੀ ਪੱਧਰ ’ਤੇ ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉੱਭਰਦੇ ਖਿਡਾਰੀਆਂ ਨੂੰ ਢੁਕਵੇਂ ਮੌਕੇ ਮੁਹੱਈਆ ਕਰਵਾਏ ਜਾਣ ਤਾਂ ਪੰਜਾਬ ਜਲਦੀ ਹੀ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਜਲ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਸਕਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਜਲ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਇਆਕਿੰਗ ਅਤੇ ਕੈਨੋਇੰਗ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਖੇਡਾਂ ਦੇ ਖੇਤਰ ਵਿੱਚ ਆਪਣੀ ਗੁਆਚੀ ਸ਼ਾਨ ਮੁੜ ਹਾਸਲ ਕਰ ਸਕੇਗਾ। ਉਨ੍ਹਾਂ ਪੇਂਡੂ ਖੇਤਰਾਂ ਵਿੱਚੋਂ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਤਰਾਸ਼ਣ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਅਜਿਹੇ ਹੋਰ ਖੇਡ ਸਮਾਗਮ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਸੁਲਤਾਨਪੁਰ ਲੋਧੀ ਦੇ ਏ.ਐੱਸ.ਪੀ. ਧੀਰੇਂਦਰ ਵਰਮਾ, ਐੱਸ.ਡੀ.ਐੱਮ. ਜਸਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਕੋਚ ਗੁਰਪ੍ਰੀਤ ਸਿੰਘ, ਸੁਨੀਤਾ ਦੇਵੀ, ਇੰਦਰਜੀਤ ਕੌਰ, ਅਮਰਜੀਤ ਕੌਰ, ਸੁਨੀਲ ਕੁਮਾਰ, ਜਸਵੀਰ ਸਿੰਘ, ਅਮਨਜੀਤ ਸਿੰਘ ਸੰਧੂ, ਰਾਜਨ ਮੱਟੂ, ਪ੍ਰਿਆ ਸੈਣੀ, ਸਿੱਖਿਆ ਵਿਭਾਗ ਤੋਂ ਲਖਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਖਹਿਰਾ ਸਮੇਤ ਖੇਡ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post a Comment

Previous Post Next Post