ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਜਿਨ੍ਹਾਂ ਬਾਰੇ 6 ਅਕਤੂਬਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

ਸੁਲਤਾਨਪੁਰ ਲੋਧੀ, 17 ਨਵੰਬਰ:( ਲਾਡੀ, ਦੀਪ ਚੋਧਰੀ, ੳਪੀ ਚੋਧਰੀ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਜਿਨ੍ਹਾਂ ਬਾਰੇ 6 ਅਕਤੂਬਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।
ਸੰਤ ਸੀਚੇਵਾਲ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਲਗਾਉਣ, ਸੀਸੀਟੀਵੀ ਕੈਮਰੇ, ਸੰਗਤਾਂ ਦੀ ਰਿਹਾਇਸ਼, ਪੁਲਾਂ ਦੀ ਮੁਰੰਮਤ ਅਤੇ ਕੂੜੇ ਦੇ ਸੁਚੱਜੇ ਪ੍ਰਬੰਧ ਵਰਗੇ ਅਹਿਮ ਮੁੱਦੇ ਐੱਸ.ਡੀ.ਐੱਮ. ਦੇ ਧਿਆਨ ਵਿੱਚ ਲਿਆਂਦੇ।
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਦੋ ਮਹੀਨੇ ਪਹਿਲਾਂ ਹੀ ਮੁਕੰਮਲ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟਾਈ ਕਿ ਹਰ ਸਾਲ ਉਹੀ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਹੱਲ ਲਈ ਵਾਰ-ਵਾਰ ਜ਼ੋਰ ਦੇਣਾ ਪੈਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਇਕ ਇਤਿਹਾਸਕ ਅਤੇ ਪਵਿੱਤਰ ਨਗਰੀ ਹੈ, ਜਿੱਥੇ ਸਾਲ ਭਰ ਸੰਗਤਾਂ ਦੀ ਆਮਦ ਬਣੀ ਰਹਿੰਦੀ ਹੈ। ਖ਼ਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਲਈ ਸ਼ਹਿਰ ਦੇ ਪ੍ਰਬੰਧ ਹਮੇਸ਼ਾ ਬਿਹਤਰ ਅਤੇ ਸੁਚੱਜੇ ਹੋਣੇ ਚਾਹੀਦੇ ਹਨ।

ਇਸ ਮੌਕੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਿਕਾਸ ਕਾਰਜ 20 ਨਵੰਬਰ ਤੱਕ ਮੁਕੰਮਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਟਰੀਟ ਲਾਈਟਾਂ, ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦੀ ਸਫ਼ਾਈ, ਸੰਗਤਾਂ ਦੇ ਆਉਣ-ਜਾਣ ਲਈ ਸੁਚਾਰੂ ਪ੍ਰਬੰਧ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ ਐੱਸ.ਡੀ.ਐੱਮ. ਸ਼ੁਭੀ ਆਂਗਰਾ ਵੱਲੋਂ ਸੁਲਤਾਨਪੁਰ ਲੋਧੀ ਦਾ ਚਾਰਜ ਸੰਭਾਲਣ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਇਹ ਪਹਿਲੀ ਮੁਲਾਕਾਤ ਸੀ।

Post a Comment

0 Comments