ਤਲਵੰਡੀ ਚੌਧਰੀਆਂ, (ਲਾਡੀ, ਦੀਪ ਚੋਧਰੀ, ੳਪੀ ਚੋਧਰੀ)
ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਅਤੇ ਥਾਂ-ਥਾਂ ਪਏ ਡੂੰਘੇ ਟੋਇਆਂ ਤੋਂ ਤੰਗ ਆ ਕੇ ਇਲਾਕਾ ਨਿਵਾਸੀਆਂ ਵੱਲੋਂ ਮੰਗੂਪੁਰ ਅੱਡੇ ਵਿਖੇ ਰੋਸ ਧਰਨਾ ਲਗਾ ਕੇ ਆਵਾਜਾਈ ਜਾਮ ਕੀਤੀ ਗਈ। ਧਰਨਾਕਾਰੀਆਂ ਨੇ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ।
ਇਲਾਕਾ ਨਿਵਾਸੀਆਂ ਦਾ ਕਹਿਣਾ ਸੀ ਕਿ ਇਸ ਸੜਕ ’ਤੇ ਪਹਿਲਾਂ ਵੀ ਕਈ ਵਾਰ ਪੈਚਵਰਕ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਸੜਕ ਦੀ ਹਾਲਤ ਵਿੱਚ ਕੋਈ ਖ਼ਾਸ ਸੁਧਾਰ ਨਹੀਂ ਹੋਇਆ। ਸੜਕ ’ਤੇ ਥਾਂ-ਥਾਂ ਡੂੰਘੇ ਟੋਏ ਹੋਣ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ। ਇਸ ਸੜਕ ਤੋਂ ਦੂਰ-ਦੁਰਾਡੇ ਇਲਾਕਿਆਂ ਦੇ ਲੋਕ ਵੀ ਲੰਘਦੇ ਹਨ, ਜਿਨ੍ਹਾਂ ਨੂੰ ਸੜਕ ’ਤੇ ਪਏ ਟੋਇਆਂ ਬਾਰੇ ਜਾਣਕਾਰੀ ਨਾ ਹੋਣ ਕਾਰਨ ਅਚਾਨਕ ਹਾਦਸਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਧਰਨੇ ਦੌਰਾਨ ਸਾਰਾ ਦਿਨ ਆਵਾਜਾਈ ਪ੍ਰਭਾਵਿਤ ਰਹੀ। ਸ਼ਾਮ ਸਮੇਂ ਐਸ.ਡੀ.ਐਮ., ਆਈ.ਪੀ.ਐਸ. ਅਧਿਕਾਰੀ ਅਤੇ ਸੜਕ ਮਹਿਕਮੇ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਸੜਕ ਦਾ ਪੈਚਵਰਕ ਮੁਕੰਮਲ ਕਰਵਾ ਦਿੱਤਾ ਜਾਵੇਗਾ। ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਸਰਪੰਚ ਰੇਸ਼ਮ ਸਿੰਘ ਨੇ ਦੱਸਿਆ ਕਿ ਸੜਕ ਦੀ ਖਸਤਾ ਹਾਲਤ ਕਾਰਨ ਪਹਿਲਾਂ ਵੀ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਇਸ ਸਥਾਨ ’ਤੇ ਕਈ ਲੋਕ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ’ਤੇ ਪਏ ਟੋਏ ਰਾਹਗੀਰਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ।
ਕਲਵੰਤ ਸਿੰਘ ਨੂਰਵਾਲ ਨੇ ਪ੍ਰਸ਼ਾਸਨ ਅਤੇ ਸੜਕ ਮਹਿਕਮੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਿਰਫ਼ ਆਰਜ਼ੀ ਪੈਚਵਰਕ ਦੀ ਬਜਾਏ ਸੜਕ ਦੀ ਪੱਕੇ ਤੌਰ ’ਤੇ ਮੁਰੰਮਤ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
0 Comments