ਸੁਲਤਾਨਪੁਰ ਲੋਧੀ 14ਨਵਬੰਰ,( ਲਾਡੀ ਦੀਪ ਚੋਧਰੀ ੳਪੀ ਚੋਧਰੀ) ਸੁਲਤਾਨਪੁਰ ਲੋਧੀ ’ਚ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ
ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਦੀ ਕੀਤੀ ਅਪੀਲ, ਕੈਲੀਫੋਰਨੀਆ ’ਚ ਨਗਰ ਕੀਰਤਨ ਦੌਰਾਨ ਹੋਈ ਹਿੰਸਾ ਨੂੰ ਦੱਸਿਆ ਮੰਦਭਾਗਾ
ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਦੱਸਿਆ ਮਨੁੱਖੀ ਅਧਿਕਾਰ, ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਚੁੱਕਿਆ ਮੁੱਦਾ
ਇਤਿਹਾਸਕ ਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਭਗਤ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ’ਤੇ ਚੱਲਣ, ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਪ੍ਰੇਮ, ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਦਿੱਤਾ ਗਿਆ ਸਰਬਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਆਪਣੇ ਰੋਜ਼ਾਨਾ ਜੀਵਨ ਵਿੱਚ ਵੀ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਅਤੇ ਆਪਸੀ ਵੈਰ-ਵਿਰੋਧ ਵਰਗੀਆਂ ਭਾਵਨਾਵਾਂ ਨੂੰ ਖ਼ਤਮ ਕਰਕੇ ਮਨੁੱਖਤਾ ਅਤੇ ਭਾਈਚਾਰਕ ਸਾਂਝ ਨੂੰ ਪਹਿਲ ਦੇਣੀ ਸਮੇਂ ਦੀ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਲੀਫੋਰਨੀਆ ਵਿੱਚ ਨਗਰ ਕੀਰਤਨ ਦੌਰਾਨ ਹੋਈ ਹਿੰਸਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਧਾਰਮਿਕ ਸਮਾਗਮਾਂ ਦੌਰਾਨ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਆਪਸੀ ਮਤਭੇਦ ਆਪਣੀ ਜਗ੍ਹਾ ਹੋ ਸਕਦੇ ਹਨ, ਪਰ ਧਾਰਮਿਕ ਸਮਾਗਮਾਂ ਅਤੇ ਨਗਰ ਕੀਰਤਨਾਂ ਦੌਰਾਨ ਉਨ੍ਹਾਂ ਨੂੰ ਵੱਖਰਾ ਰੱਖਣਾ ਚਾਹੀਦਾ ਹੈ। ਅਜਿਹੇ ਪਵਿੱਤਰ ਮੌਕਿਆਂ ’ਤੇ ਹਿੰਸਕ ਘਟਨਾਵਾਂ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਸਾਂਝ, ਸ਼ਾਂਤੀ ਅਤੇ ਗੁਰੂ ਸਾਹਿਬਾਨ ਦੇ ਸੰਦੇਸ਼ ਨੂੰ ਦੁਨੀਆ ਤੱਕ ਪਹੁੰਚਾਉਣ ਦਾ ਮਾਧਿਅਮ ਹਨ, ਇਸ ਲਈ ਸਾਰਿਆਂ ਨੂੰ ਆਪਸੀ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੇ ਮਾਮਲੇ ’ਤੇ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਿਆਰਿਆਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ’ਤੇ ਕਾਨੂੰਨ ਅਨੁਸਾਰ ਪੈਰੋਲ ਦਿੱਤੀ ਜਾਣੀ ਬਿਲਕੁਲ ਜਾਇਜ਼ ਹੈ ਅਤੇ ਇਸ ਸਬੰਧੀ ਮਨੁੱਖੀ ਪੱਖ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰੂ ਸਾਹਿਬਾਨ ਅਤੇ ਭਗਤ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਸਾਰਥਕਤਾ ਉਦੋਂ ਹੀ ਹੈ ਜਦੋਂ ਅਸੀਂ ਇੱਥੋਂ ਮਿਲਣ ਵਾਲੀ ਸਿੱਖਿਆ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ 19 ਅਤੇ 20 ਫਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾਣਾ ਹੈ। ਇਸੇ ਲੜੀ ਤਹਿਤ ਸੁਲਤਾਨਪੁਰ ਲੋਧੀ ਵਿਖੇ ਇਹ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।
0 Comments